ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥
Hukamnama
ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥
ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤ ਦੇਂਦਾ ਆਇਆ ਹੈ ਸਾਰੇ ਚਿੰਤਾ ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ॥੧॥ ਰਹਾਉ॥ ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ॥੧॥
ਅੰਗ: 821 | 29-12-2021
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥
ਅੰਗ: 632 | 28-12-2021
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ ਅਵਸਥਾ ਚੰਗੀ ਲੱਗ ਰਹੀ ਹੈ।
ਅੰਗ: 634 | 27-12-2021
ਧਨਾਸਰੀ ਮਹਲਾ ੫ ॥
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥
ਹੇ ਭਾਈ! (ਉਸ ਗੁਰੂ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ, ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ ॥੧॥ ਰਹਾਉ॥ (ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥
ਅੰਗ: 675 | 26-12-2021
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।
ਅੰਗ: 639 | 25-12-2021
ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।
ਅੰਗ: 611 | 24-12-2021
ਸੋਰਠਿ ਮਹਲਾ ੫ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।
ਅੰਗ: 609 | 23-12-2021
ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।
ਅੰਗ: 725 | 22-12-2021
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
(ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।
ਅੰਗ: 657 | 21-12-2021
ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ।
ਅੰਗ: 731 | 20-12-2021
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ।
ਅੰਗ: 698 | 19-12-2021