ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥
online hukamnama
ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਅੰਗ: 673 | 22-04-2022
ਸਲੋਕੁ ਮ: ੩ ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ। ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥
ਅੰਗ: 592| 21-04-2022
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥
ਅੰਗ: 668 | 20-04-2022
ਸਲੋਕ ਮ: ੩ ॥
ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥
ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।
ਅੰਗ: 550 | 19-04-2022
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, ਆਪਣੇ ਬਣਾ ਕੇ ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥
ਅੰਗ: 619 | 14-04-2022
ਵਡਹੰਸੁ ਮਹਲਾ ੫ ॥
ਪ੍ਰਭ ਕਰਣ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥
ਹੇ ਜਗਤ ਦੇ ਮੂਲ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ! (ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ। ਹੇ ਸਭ-ਤਾਕਤਾਂ ਦੇ ਮਾਲਕ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਸੁਖਦਾਤੇ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ। ਹੇ ਪ੍ਰਭੂ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ ਬਿਆਨ ਤੋਂ ਬਾਹਰ ਹੈ। ਨਾਨਕ ਬੇਨਤੀ ਕਰਦਾ ਹੈ ਕਿ ਹੇ ਪ੍ਰਭੂ! ਹੇ ਜਗਤ ਦੇ ਮੂਲ! ਹੇ ਸਭ ਤਾਕਤਾਂ ਦੇ ਮਾਲਕ! ਮੇਰੀ ਬੇਨਤੀ ਸੁਣ ॥੧॥
ਅੰਗ: 578 | 13-04-2022
ਸੂਹੀ ਮਹਲਾ ੧
ਘਰੁ ੬ ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
ਅੰਗ: 729 | 12-04-2022
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।
ਅੰਗ: 682 | 11-04-2022
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ।
ਅੰਗ: 650 | 10-04-2022
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਅੰਗ: 709 | 09-04-2022
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।
ਅੰਗ: 682 | 08-04-2022