ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।
online hukamnama
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ।
ਅੰਗ: 688 । 30-07-2021
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।
ਅੰਗ: 666 । 29-07-2021
ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥
ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।
ਅੰਗ: 630 | 28-07-21
ਜੈਤਸਰੀ ਮਹਲਾ ੫ ਘਰੁ ੨
ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥
ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ।
16-07-2021 ਅੰਗ: 682
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥
ਅੰਗ: 673
ਸਲੋਕ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥
ਅੰਗ: 706
ਸਲੋਕੁ ਮਃ ੩॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥
ਅੰਗ: 651
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥
ਅਰਥ: ਰਾਗ ਸੋਰਠਿ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥
ਅੰਗ: 621
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
ਅੰਗ: 729
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ॥
ਅਰਥ: ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥
ਅੰਗ: 723
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।
ਅੰਗ: 709