ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।
SGGS quotes
ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।
ਅੰਗ: 616 | 05-02-2022
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ ਸਾਲਾਹ ਮਿਲ ਜਾਏ ॥੧॥ ਰਹਾਉ ॥ ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ)। ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ॥੧॥
ਅੰਗ: 713 | 04-02-2022
ਸੋਰਠਿ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥
(ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ ਥਿਰ ਰਹਿਣ ਵਾਲਾ ਸਰਮਾਇਆ ਹੈ।
ਅੰਗ: 604 | 03-02-2022
ਸਲੋਕ ਮਃ ੩ ॥
ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥
ਜੇ ਮਨ ਵਿਚ (ਹਰੀ ਦੀ ਹੋਂਦ) ਪ੍ਰਤੀਤ ਨਾ ਆਈ, ਤੇ ਅਡੋਲਤਾ ਵਿਚ ਪਿਆਰ ਨਾ ਲੱਗਾ, ਜੇ ਸ਼ਬਦ ਦਾ ਰਸ ਨਾ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤ-ਸਾਲਾਹ ਕਰਨ ਦਾ ਕੀਹ ਲਾਭ? ਨਾਨਕ ਜੀ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ॥੧॥
ਅੰਗ: 549 | 02-02-2022
ਆਸਾ ॥
ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥ ਬਾਬਾ ਮਾਇਆ ਮੋਹ ਹਿਤੁ ਕੀਨ੍ਹ੍ਹ ॥ ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ੍ਹ ॥੧॥ ਰਹਾਉ ॥
ਜਗਤ ਵਿਚ (ਮਨੁੱਖ ਦੀ) ਜ਼ਿੰਦਗੀ ਅਜਿਹੀ ਹੀ ਹੈ ਜਿਹਾ ਸੁਪਨਾ ਹੈ, ਜ਼ਿੰਦਗੀ ਸੁਪਨੇ ਵਰਗੀ ਹੀ ਹੈ। ਪਰ ਅਸਾਂ ਸਭ ਤੋਂ ਉੱਚੇ (ਸੁਖਾਂ ਦੇ) ਖ਼ਜ਼ਾਨੇ ਪ੍ਰਭੂ ਨੂੰ ਛੱਡ ਕੇ, (ਇਸ ਸੁਪਨ-ਸਮਾਨ ਜੀਵਨ ਨੂੰ) ਸਦਾ ਕਾਇਮ ਰਹਿਣ ਵਾਲਾ ਜਾਣ ਕੇ ਇਸ ਨੂੰ ਗੰਢ ਦੇ ਰੱਖੀ ਹੈ।੧। ਹੇ ਬਾਬਾ! ਅਸਾਂ ਮਾਇਆ ਨਾਲ ਮੋਹ ਪਿਆਰ ਪਾਇਆ ਹੋਇਆ ਹੈ, ਜਿਸ ਨੇ ਸਾਡਾ ਗਿਆਨ ਰੂਪ ਹੀਰਾ ਚੁਰਾ ਲਿਆ ਹੈ।੧।ਰਹਾਉ।
ਅੰਗ: 482 | 01-02-2022
ਸਲੋਕੁ ਮਃ ੩ ॥
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥
ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ।
ਅੰਗ: 592| 31-01-2022
ਸਲੋਕੁ ਮਃ ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਹੇ ਨਾਨਕ ਜੀ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥
ਅੰਗ: 552 | 30-01-2022
ਸਲੋਕ ਮ: ੩ ॥
ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥
ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ) ਜਾਮੇ ਨੂੰ ਫਿਟਕਾਰ ਹੈ। ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।
ਅੰਗ: 550| 29-01-2022
ਬਿਹਾਗੜਾ ਮਹਲਾ ੫ ॥
ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥
ਹੇ ਸਭ ਤੋਂ ਵੱਡੇ! ਹੇ ਸਰਬ ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ।
ਅੰਗ: 543| 27-01-2022
ਵਡਹੰਸੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥
ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥
ਅੰਗ: 558| 26-01-2022