ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥
sgpc hukamnama
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥
ਅੰਗ: 668 | 05-10-2022
ਸੂਹੀ ਮਹਲਾ ੫ ॥
ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥
ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਸੁਪਨੇ ਵਰਗੇ ਜਗਤ (ਦੇ ਮੋਹ) ਜਾਲ ਵਿਚੋਂ) ਆਪ ਕੱਢ ਲਿਆ, ਸੁਪਨੇ ਵਰਗੇ ਜਗਤ (ਦਾ ਮੋਹ) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ।੧। ਰਹਾਉ।
ਅੰਗ: 742 | 04-10-2022
ਬਿਲਾਵਲ ਕੀ ਵਾਰ ਮਹਲਾ ੪
ੴ ਸਤਿਗੁਰ ਪ੍ਰਸਾਦਿ ਸਲੋਕ ਮ: ੪
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥
ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ।
ਅੰਗ: 849 | 03-10-2022
ਸੋਰਠਿ ਮਹਲਾ ੧ ॥
ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥
ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ।੧।
ਅੰਗ: 597 | 02-10-2022
ਰਾਮਕਲੀ ਮਹਲਾ ੫ ॥
ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥
(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ ਮਨ ਤੇਰਾ ਹੈ। (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ ।੧। ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ।
ਅੰਗ: 899 | 01-10-2022
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥
ਅੰਗ: 633 | 30-09-2022
ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥
ਹੇ ਮੇਰੇ ਮਨ! ਜਗਤ ਤਾਂ ਜਨਮ ਮਰਨ ਦਾ ਗੇੜ ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਇਸ ਵਿਚੋਂ ਨਿਕਲਿਆ ਜਾਂਦਾ ਹੈ। ਜਦੋਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਤਾਂ ਹੀ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਗੁਰੂ ਦੀ ਸਰਨ ਪੈਣ ਵਾਲੇ ਨੂੰ ਫਿਰ ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ ਤੇ ਸਦਾ ਲਈ ਇਹ ਟੈਂਟਾ ਖਤਮ ਹੋ ਜਾਂਦਾ ਹੈ ਅਤੇ ਉਸ ਨੂੰ ਇੱਜ਼ਤ ਮਿਲਦੀ ਹੈ। ਜੇਹੜੇ ਸਦਾ ਥਿਰ ਹਰੀ ਦੇ ਪ੍ਰੇਮ ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।
ਅੰਗ: 571| 28 -09-2022
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਅੰਗ: 685 | 27-09-2022
ਸੋਰਠਿ ਮਹਲਾ ੩ ਘਰੁ ੧ ਤਿਤੁਕੀ
ੴ ਸਤਿਗੁਰ ਪ੍ਰਸਾਦਿ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਅੰਗ: 637 | 26-09-2022
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥
ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ।
ਅੰਗ: 704 | 25-09-2022
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ।
ਅੰਗ: 650 | 23-09-2022