ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥
sgpc hukamnama
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ
ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥
ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧।
ਅੰਗ: 533| 05-12-2021
ਸੋਰਠਿ ਮਹਲਾ ੫ ਘਰੁ ੨
ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥
ਹੇ ਭਾਈ! ਕੋਈ ਮਨੁੱਖ ਵੇਦ ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ ਕਰ ਸਕਣ ਵਾਲੀ ਅਕਲ ਦੇਹ ।
ਅੰਗ: 641 | 03-12-2021
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।
ਅੰਗ: 680 | 02-12-2021
ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।
ਅੰਗ: 611 | 01-12-2021
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥
ਅੰਗ: 652 | 30-11-2021
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ ਸਾਲਾਹ ਕਰਦਾ ਰਹਾਂ। ਹੇ ਮਾਲਕ ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ ਭਰ ਇਕ ਛਿਨ ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਚਾਨਣ ਹੋਇਆ ਹੈ।੧। ਹੇ ਪ੍ਰਭੂ ਜੀ! ਤੂੰ ਆਪ ਹੀ ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।
ਅੰਗ: 601 | 29-11-2021
ਵਡਹੰਸੁ ਮਹਲਾ ੩ ॥
ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥
ਇਹ ਸਰੀਰ ਨਾਸ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ ਆ ਦਬਾਂਦਾ ਹੈ। ਜਿਨ੍ਹਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੋਹ ਵਿਚ ਗ਼ਰਕ ਹੋਣ ਤੋਂ) ਬਚ ਜਾਂਦੇ ਹਨ ਪਰ ਹੋਰ ਜਮਦੇ ਤੇ ਮਰਦੇ ਹਨ। ਹੋਰ ਜਮਦੇ ਤੇ ਮਰਦੇ ਹਨ ਤੇ ਅੰਤ (ਮਰਨ) ਵੇਲੇ ਪਛਤਾਂਦੇ ਹਨ; ਹਰਿ-ਨਾਮ ਤੋਂ ਬਿਨਾ ਆਤਮਕ-ਜੀਵਨ ਦਾ ਸੁੱਖ ਨਹੀਂ ਮਿਲਦਾ। ਇਸ ਲੋਕ ਵਿਚ ਜੀਵ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ (ਪ੍ਰਭੂ-ਦਰਬਾਰ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ।
ਅੰਗ: 584 | 28-11-2021
ਸਲੋਕ ਮਃ ੩ ॥
ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥
ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ, (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ॥੧॥
ਅੰਗ: 588 | 27-11-2021
ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥
ਅੰਗ: 633 | 26-11-2021
ਵਡਹੰਸੁ ਮਹਲਾ ੪
ਘੋੜੀਆ ੴ ਸਤਿਗੁਰ ਪ੍ਰਸਾਦਿ ॥
ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥
ਹੇ ਭਾਈ ! ਮਨੁੱਖ ਦੀ ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ ਜੋ ਚੰਗੀ ਕਿਸਮਤ ਨਾਲ ਹੀ ਲਭਦਾ ਹੈ। ਮਨੁੱਖਾ ਜਨਮ ਵੱਡੀ ਕਿਸਮਤ ਨਾਲ ਹੀ ਲੱਭਦਾ ਹੈ, ਪਰ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਦੀ ਕਾਂਇਆਂ ਹਰਿ ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।
ਅੰਗ: 575 | 25-11-2021
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ
ਘਰੁ ੩ ੴ ਸਤਿਗੁਰ ਪ੍ਰਸਾਦਿ ॥
ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥
ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾ ਰਹਿ ਗਏ) ॥੧॥ ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ)। ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ॥੧॥
ਅੰਗ: 525 | 24-11-2021