ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
(ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।
Sikhi Quotes
ਸੂਬੇ ਦੀ ਕਚਹਿਰੀ ਚੱਲੇ
ਛੋਟੇ-ਛੋਟੇ ਦੋ ਲਾਲ ਸੀ
ਉਮਰਾਂ ਸੀ ਨਿੱਕੀਆਂ ਤੇ
ਹੌਸਲੇ ਇੱਕ ਮਿਸਾਲ ਸੀ ।
ਮੁੜਨਾ ਨਹੀਂ ਅੱਜ
ਉਹਨਾਂ ਆਪ ਨੂੰ ਖਿਆਲ ਸੀ
ਦਾਦੀ ਨੇ ਵੀ ਜਿਗਰਾ ਰੱਖ
ਦੋਹਾਂ ਮਥੇ ਕਲਗੀ ਸਜਾਈ ਸੀ
ਈਨ ਨਾ ਸੀ ਕਬੂਲ
ਜਾਨ ਦੇਣ ਨੂੰ ਤਿਆਰ ਸੀ
ਗੁਰੂ ਗੋਬਿੰਦ ਸਿੰਘ ਜੀ ਦੇ ਲਾਲਾਂ ਨੂੰ
ਆਪਣੀ ਕੌਮ ਦਾ ਖਿਆਲ ਸੀ
ਜਦ ਵੇਖਿਆ ਡਿੱਗ ਅਜੀਤ ਪਿਆ
ਲਾ ਉਂਗਲ ਤੋਰ ਜੁਝਾਰ ਗਿਆ
ਧੰਨ ਜਿਗਰਾ ਕਲਗੀਆਂ ਵਾਲੇ ਦਾ
ਪੁੱਤ ਚਾਰ ਧਰਮ ਤੋਂ ਵਾਰ ਗਿਆ
ਬਾਜਾਂ ਵਾਲਿਆ ਤੇਰੇ ਵਡ ਹੌਸਲੇ ਸੀ,
ਅੱਖਾਂ ਸਾਹਮਣੇ ਸ਼ਹੀਦ ਪੁੱਤ ਕਰਵਾ ਦਿੱਤੇ।
ਲੋਕੀਂ ਲੱਭਦੇ ਨੇ ਲਾਲ ਪੱਥਰਾਂ ਚੋਂ
ਤੇ ਤੁਸੀਂ ਪੱਥਰਾਂ ਚ ਹੀ ਲਾਲ ਚਿਣਵਾ ਦਿੱਤੇ
ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ
ਚੌਹਾਂ ਵੀਰਾਂ ਦੇ ਗੂੜੇ ਪਿਆਰ ਅੰਦਰ ।
ਤਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ
ਕਿੰਨਾ ਬਲ ਹੈ ਨਿੱਕੀ ਤਲਵਾਰ ਅੰਦਰ
ਕਿੰਨੀਆਂ ਖਾਦੀਆਂ ਸੱਟਾਂ ਅਜੀਤ ਸਿੰਘ ਨੇ
ਕਿੰਨੇ ਖੁਬੇ ਨੇ ਤੀਰ ਜੁਝਾਰ ਅੰਦਰ।
ਦਾਦੀ ਤੱਕਿਆ ਬੁਰਜ ਦੀ ਝੀਤ ਵਿਚੋ
ਫੁੱਲ ਲੁਕ ਗਏ ਨੇ ਇਟਾਂ ਦੇ ਭਾਰ ਅੰਦਰ।
ਅਰਸ਼ੋਂ ਦਾਦੇ ਸ਼ਹੀਦ ਨੇ ਝਾਤ ਪਾਈ
ਕਿੰਨਾ ਸਿਦਕ ਹੈ ਮੇਰੇ ਇਸ ਪਰਿਵਾਰ ਅੰਦਰ।
ਜੂਝੇ ਕਿਸ ਤਰਾਂ ਧਰਮ ਤੋ ਸਾਹਿਬਜਾਦੇ
ਦੋ ਮੈਦਾਨ ਅੰਦਰ ਦੋ ਦੀਵਾਰ ਅੰਦਰ |
ਵੇ ਸੂਬਿਆ ਲੱਖ ਲਾਹਨਤਾਂ ਹੀ ਪਾਈਆਂ
ਨਿੱਕੀਆਂ ਜਿੰਦਾਂ ਨੂੰ ਸਜਾਵਾਂ ਸੁਣਾ ਕੇ
ਦੱਸ ਖਾਂ ਕਿਹੜੀਆਂ ਦੌਲਤਾਂ ਤੂੰ ਕਮਾਈਆਂ
ਨਿੱਕੀਆਂ ਜਿੰਦਾ ਵੱਡੇ ਸਾਕੇ ਨੇ
ਓ ਅੱਜ ਵੀ ਕੌਮ ਦੇ ਰਾਖੇ ਨੇ
ਇੱਟਾਂ ਤੱਕ ਤੂੰ ਕੰਧ ਦੀਆਂ ਰਵਾਈਆਂ
ਤਾਂ ਕਿਹੜਾ ਤੂੰ ਦੌਲਤਾਂ ਕਮਾਈਆਂ
ਲੱਖ ਲਾਹਨਤਾਂ ਹੀ ਝੋਲੀ ਪਵਾਈਆਂ…
ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ।
ਅੰਗ: 731 | 20-12-2021
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ।
ਅੰਗ: 698 | 19-12-2021
ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥
(ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥
ਅੰਗ: 700 | 18-12-2021
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਨਸ਼ੇ ਤੋਂ ਬਿਨਾ ਅਮਲੀ ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ
ਅੰਗ: 668 | 17-12-2021
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।
ਅੰਗ: 666 | 16-12-2021
ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।
ਅੰਗ: 706| 15-12-2021