ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।
Sikhi Quotes
ਸਲੋਕ ॥
ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥
ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।
ਅੰਗ: 706| 15-12-2021
ਰਾਗ ਧਨਾਸਰੀ
ਬਾਣੀ ਭਗਤ ਕਬੀਰ ਜੀ ਕਿ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ ਪ੍ਰੇਮ ਤੇ ਪ੍ਰਭੂ ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ।
ਅੰਗ: 692 | 14-12-2021
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਅੰਗ: 709 | 13-12-2021
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥
ਅੰਗ: 692 | 12-12-2021
ਧਨਾਸਰੀ ਮਹਲਾ ੫ ਘਰੁ ੬
ਅਸਟਪਦੀ ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ ਪਾਤਿਸ਼ਾਹ ਨਾਲ ਮਿਲਾ ਦੇ ।
ਅੰਗ: 686 | 11-12-2021
ਵਡਹੰਸੁ ਮਹਲਾ ੫ ॥
ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥
ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।
ਅੰਗ: 563 | 10-12-2021
ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥
ਅੰਗ: 624 | 09-12-2021
ਬਿਲਾਵਲੁ ਮਹਲਾ ੫ ॥
ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥
ਹੇ ਭਾਈ! (ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧। ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।
ਅੰਗ: 813 | 08-12-2021
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥
ਹੇ ਮੇਰੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ ਟਿਕਾਣਾ ਚਾਹੀਦਾ ਹੈ ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ ਇੱਛਤ ਫਲ ਪਾ ਲੈਂਦਾ ਹੈ।
ਅੰਗ: 537| 07-12-2021
ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ॥
ਅੰਗ: 603 | 06-12-2021
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ
ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥
ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧।
ਅੰਗ: 533| 05-12-2021