ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥
status on waheguru
ਤਿਲੰਗ ਮਃ ੧ ॥
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ ? ਹੇ ਭੋਲੀ ਜੀਵ ਇਸਤ੍ਰੀਏ! ਪਤੀ ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ ?
ਅੰਗ: 722 | 06-01-2022
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥
ਅੰਗ: 619 | 05-01-2022
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ ਹੰਸ ਹਰਿ ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।
ਅੰਗ: 685 | 04-01-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥
ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ ਵਾਜੇ ਇੱਕ ਰਸ ਵੱਜਣ ਲੱਗ ਪਏ ਹਨ ॥੧॥
ਅੰਗ: 656 | 03-01-2022
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥
ਅੰਗ: 711 | 02-01-2022
ਧਨਾਸਰੀ ਮਹਲਾ ੪ ॥
ਬਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਨਸ਼ੇ ਤੋਂ ਬਿਨਾ ਅਮਲੀ ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ।
ਅੰਗ: 668 | 01-01-2022
ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ਆਤਮਕ ਅਡੋਲਤਾ ਦੇ ਕਾਰਨ ਦਿਨ ਰਾਤ ਆਨੰਦ ਬਣਿਆ ਰਹਿੰਦਾ ਹੈ। ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ ਹੱਥ ਫੜ ਕੇ ਵਿਹੁਲੇ ਸੰਸਾਰ ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ।੧।
ਅੰਗ: 717| 31-12-2021
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥
ਅੰਗ: 666 | 30-12-2021
ਬਿਲਾਵਲੁ ਮਹਲਾ ੫ ॥
ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥
ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤ ਦੇਂਦਾ ਆਇਆ ਹੈ ਸਾਰੇ ਚਿੰਤਾ ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ॥੧॥ ਰਹਾਉ॥ ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ॥੧॥
ਅੰਗ: 821 | 29-12-2021
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥
ਅੰਗ: 632 | 28-12-2021
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ ਅਵਸਥਾ ਚੰਗੀ ਲੱਗ ਰਹੀ ਹੈ।
ਅੰਗ: 634 | 27-12-2021